Connect with us

Gurdaspur

ਪੰਜਾਬ ‘ਚ ਸ਼ੁਰੂ ਹੋਈ ‘ਮੇਰਾ ਘਰ ਮੇਰੇ ਨਾਮ’ ਸਕੀਮ

ਗੁਰਦਾਸਪੁਰ (ਬਿਊਰੋ) – ਸੂਬੇ ਦੇ ਲੱਖਾਂ ਪਰਿਵਾਰਾਂ ਖਾਸ ਕਰਕੇ ਸਮਾਜ ਦੇ ਕਮਜ਼ੋਰ ਵਰਗਾਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਦੇ

Published

on

ਗੁਰਦਾਸਪੁਰ (ਬਿਊਰੋ) – ਸੂਬੇ ਦੇ ਲੱਖਾਂ ਪਰਿਵਾਰਾਂ ਖਾਸ ਕਰਕੇ ਸਮਾਜ ਦੇ ਕਮਜ਼ੋਰ ਵਰਗਾਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ‘ਮੇਰਾ ਘਰ ਮੇਰੇ ਨਾਮ‘ ਸਕੀਮ ਦੀ ਸ਼ੁਰੂਆਤ ਕੀਤੀ, ਜਿਸ ਨਾਲ ਪਿੰਡਾਂ ਅਤੇ ਸ਼ਹਿਰਾਂ ਵਿੱਚ ਲਾਲ ਲਕੀਰ ਅੰਦਰ ਆਉਂਦੇ ਘਰਾਂ ਵਿੱਚ ਰਹਿ ਰਹੇ ਪਰਿਵਾਰਾਂ ਨੂੰ ਜਾਇਦਾਦਾਂ ਦੇ ਮਾਲਕੀ ਹੱਕ ਦਿੱਤੇ ਜਾਣਗੇ। ਅੱਜ ਇੱਥੇ ਸੂਬਾ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਨਾਲ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਮਾਲ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਵੀ ਹਾਜ਼ਰ ਸਨ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਕੀਮ ਪੰਜਾਬ ਵਾਸੀਆਂ ਵਿਸ਼ੇਸ਼ ਤੌਰ ’ਤੇ ਸਮਾਜ ਦੇ ਲੋੜਵੰਦ ਤੇ ਕਮਜੋਰ ਵਰਗਾਂ ਨੂੰ ਅਤਿ ਲੋੜੀਂਦੀ ਰਾਹਤ ਮੁਹੱਈਆ ਕਰਵਾਏਗੀ। ਚੰਨੀ ਨੇ ਕਿਹਾ ਕਿ ਇਸ ਸਕੀਮ ਨੂੰ ਪਹਿਲਾਂ ਸਿਰਫ਼ ਪਿੰਡਾਂ ਦੇ ਲੋਕਾਂ ਲਈ ਸ਼ੁਰੂ ਕੀਤਾ ਗਿਆ ਸੀ ਜਿਸ ਦਾ ਘੇਰਾ ਵਧਾ ਕੇ ਹੁਣ ਸ਼ਹਿਰਾਂ ਵਿੱਚ ਲਾਲ ਲਕੀਰ ਅੰਦਰ ਰਹਿੰਦੇ ਲੋਕਾਂ ਨੂੰ ਵੀ ਇਸ ਦਾ ਲਾਭ ਦੇਣ ਦਾ ਫ਼ੈਸਲਾ ਕੀਤਾ ਗਿਆ। ਚੰਨੀ ਨੇ ਅੱਗੇ ਕਿਹਾ ਕਿ ਇਸ ਸਮੁੱਚੀ ਸਕੀਮ ਨੂੰ ਲਾਗੂ ਕਰਨ ਦਾ ਜਿੰਮਾ ਮਾਲ ਵਿਭਾਗ ਨੂੰ ਦਿੱਤਾ ਗਿਆ ਹੈ, ਜੋ ਡਿਜੀਟਲ ਮੈਪਿੰਗ ਕਰਨ ਲਈ ਪੇਂਡੂ ਤੇ ਸ਼ਹਿਰੀ ਇਲਾਕਿਆਂ ਵਿੱਚ ਅਜਿਹੀਆਂ ਰਿਹਾਇਸ਼ੀ ਜਾਇਦਾਦਾਂ ਦਾ ਡਰੋਨ ਸਰਵੇ ਕਰਵਾਏਗਾ। ਮੁੱਖ ਮੰਤਰੀ ਨੇ ਕਿਹਾ ਕਿ ਸਾਰੇ ਯੋਗ ਲਾਭਪਾਤਰੀਆਂ ਨੂੰ ਢੁਕਵੀਂ ਸ਼ਨਾਖਤ ਤੇ ਤਸਦੀਕ ਕਰਨ ਤੋਂ ਬਾਅਦ ਜਾਇਦਾਦ ਦਾ ਮਾਲਕੀ ਹੱਕ ਦੇਣ ਲਈ ਪ੍ਰਾਪਰਟੀ ਕਾਰਡ (ਸੰਨਦ) ਜਾਰੀ ਕੀਤੀਆਂ ਜਾਣਗੀਆਂ।

ਉਨਾਂ ਕਿਹਾ ਕਿ ਇਸ ਪ੍ਰਕਿਰਿਆ ਤੋਂ ਪਹਿਲਾਂ ਲਾਭਪਾਤਰੀਆਂ ਨੂੰ ਆਪਣੇ ਇਤਰਾਜ਼ ਦਾਇਰ ਕਰਨ ਲਈ 15 ਦਿਨ ਦਾ ਸਮਾਂ ਵੀ ਦਿੱਤਾ ਜਾਵੇਗਾ ਅਤੇ ਜੇਕਰ ਉਨਾਂ ਪਾਸੋਂ ਕੋਈ ਜਵਾਬ ਨਹੀਂ ਆਉਂਦਾ ਤਾਂ ਸੰਨਦਾਂ ਜਾਰੀ ਕਰ ਦਿੱਤੀਆਂ ਜਾਣਗੀਆਂ। ਉਨਾਂ ਦੱਸਿਆ ਕਿ ਇਹ ਸੰਨਦਾਂ ਰਜਿਸਟਰੀ ਦਾ ਉਦੇਸ਼ ਪੂਰਾ ਕਰਨਗੀਆਂ ਜਿਸ ਨਾਲ ਸਬੰਧਿਤ ਲੋਕਾਂ ਨੂੰ ਬੈਂਕਾਂ ਪਾਸੋਂ ਕਰਜ਼ਾ ਮਿਲ ਸਕਦਾ ਹੈ ਜਾਂ ਉਹ ਆਪਣੀ ਜਾਇਦਾਦ ਵੀ ਵੇਚ-ਵੱਟ ਸਕਦੇ ਹਨ ਜਿਸ ਕਰਕੇ ਇਸ ਦੀ ਕੀਮਤ ਵੀ ਵਧੇਗੀ। ਚੰਨੀ ਨੇ ਇਹ ਵੀ ਕਿਹਾ ਕਿ ਸ਼ਹਿਰਾਂ ਦੇ ਪੁਰਾਣੇ ਮੁਹੱਲਿਆਂ ਵਿੱਚ ਪੀੜੀ ਦਰ ਪੀੜੀ ਰਹਿ ਰਹੇ ਲੋਕ ਵੀ ਇਸ ਸਕੀਮ ਦੇ ਘੇਰੇ ਵਿੱਚ ਆਉਣਗੇ। ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਸੂਬਾ ਸਰਕਾਰ ਨੇ ਇਕ ਹੋਰ ਵੱਡੀ ਪਹਿਲਕਦਮੀ ਕਰਦਿਆਂ ਲਾਲ ਲਕੀਰ ਤੋਂ ਬਾਹਰ ਝੁੱਗੀ-ਝੌਂਪੜੀਆਂ ਵਿੱਚ ਰਹਿੰਦੇ ਲੋਕਾਂ ਨੂੰ ਮਾਲਕੀ ਹੱਕ ਦੇ ਕੇ ਵੱਡੀ ਰਾਹਤ ਦਿੱਤੀ ਜਾ ਰਹੀ ਹੈ। ਉਨਾਂ ਕਿਹਾ ਕਿ ਆਉਂਦੀ ਦਿਵਾਲੀ ਤੱਕ ਸੂਬਾ ਸਰਕਾਰ ਇਸ ਸਕੀਮ ਅਧੀਨ ਇਨਾਂ ਲੋਕਾਂ ਨੂੰ ਮਾਲਕੀ ਹੱਕ ਦੇਣਾ ਯਕੀਨੀ ਬਣਾਏਗੀ। ਚੰਨੀ ਨੇ ਕਿਹਾ ਕਿ ਇਨਾਂ ਲੋਕ ਪੱਖੀ ਉਪਰਾਲਿਆਂ ਦਾ ਮੁੱਖ ਮਨੋਰਥ ਲੋਕਾਂ ਨੂੰ ਵੱਧ ਤੋਂ ਵੱਧ ਰਾਹਤ ਮੁਹੱਈਆ ਕਰਵਾਉਣਾ ਹੈ । ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਬਿਜਲੀ ਦੇ ਜਿਹੜੇ ਵੀ ਕੁਨੈਕਸ਼ਨ ਬਕਾਏ ਬਿਲਾਂ ਕਰਕੇ ਕੱਟ ਦਿੱਤੇ ਗਏ ਸੀ, ਉਨਾਂ ਕੁਨੈਕਸ਼ਨਾਂ ਨੂੰ ਦਿਵਾਲੀ ਤੱਕ ਮੁੜ ਬਹਾਲ ਕਰ ਦਿੱਤਾ ਜਾਵੇਗਾ।

ਉਨਾਂ ਸਪਸ਼ਟ ਸ਼ਬਦਾਂ ਵਿੱਚ ਕਿਹਾ ਕਿ ਪੰਜਾਬ ਸਰਕਾਰ ਵਲੋਂ ਬਕਾਏ ਬਿੱਲ ਮੁਆਫ਼ ਕਰਨ ਦੀ ਸਕੀਮ ਦਾ ਲਾਭ ਹਰੇਕ ਯੋਗ ਲਾਭਪਾਤਰੀ ਨੂੰ ਦਿੱਤਾ ਜਾਵੇਗਾ, ਚਾਹੇ ਉਹ ਕਿਸੇ ਵੀ ਜਾਤ ,ਧਰਮ ਨਾਲ ਸਬੰਧ ਰੱਖਦਾ ਹੋਵੇ। ਉਨਾਂ ਕਿਹਾ ਕਿ ਸੂਬੇ ਦੇ 72 ਲੱਖ ਬਿਜਲੀ ਖ਼ਪਤਕਾਰਾਂ ਵਿਚੋਂ 52 ਲੱਖ ਖ਼ਪਤਕਾਰਾਂ ਨੂੰ ਬਕਾਏ ਬਿੱਲ ਮੁਆਫੀ ਦਾ ਲਾਭ ਮਿਲੇਗਾ। ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਉਨਾਂ ਕੋਲ ਬਹੁਤ ਘੱਟ ਸਮਾਂ ਹੈ, ਪਰ ਉਹ ਨਿਰੰਤਰ ਕੰਮ ਕਰ ਰਹੇ ਹਨ ਤਾਂ ਕਿ ਸੂਬਾ ਸਰਕਾਰ ਦੀਆਂ ਵਿਕਾਸ ਮੁੱਖੀ ਸਕੀਮਾਂ ਦਾ ਲਾਭ ਵੱਧ ਤੋਂ ਵੱਧ ਲੋਕਾਂ ਨੂੰ ਦੇਣਾ ਯਕੀਨੀ ਬਣਾਇਆ ਜਾ ਸਕੇ। ਦੀਨਾਨਗਰ ਲਈ ਕਈ ਨਵੇਂ ਪ੍ਰੋਜੈਕਟਾਂ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਥੋਂ ਦੇ ਮੌਜੂਦਾ ਕਮਿਊਨਟੀ ਹੈਲਥ ਸੈਂਟਰ ਨੂੰ ਸਬ ਡਵੀਜ਼ਨਲ ਹਸਪਤਾਲ ਵਜੋਂ ਅਪਗ੍ਰੇਡ ਕੀਤਾ ਜਾਵੇਗਾ। ਚੰਨੀ ਨੇ ਕਿਹਾ ਕਿ ਇਹ ਵਿਧਾਨ ਸਭਾ ਹਲਕਾ ਉਨਾਂ ਦੇ ਦਿਲ ਦੇ ਬਹੁਤ ਕਰੀਬ ਹੈ ਅਤੇ ਉਹ ਇਸ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ। ਕਾਂਗਰਸੀ ਵਰਕਰਾਂ ਨਾਲ ਆਪਣੀਆਂ ਭਾਵਨਾਵਾਂ ਸਾਂਝੀਆਂ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸੀ ਵਰਕਰਾਂ ਦਾ ਇਕ ਨਵਾਂ ਯੁੱਗ ਆਇਆ ਹੈ ਅਤੇ ਸੂਬੇ ਵਿੱਚ ਹੁਣ ਚੁਣੇ ਹੋਏ ਨੁਮਾਇੰਦਿਆਂ ਦਾ ਰਾਜ ਹੈ। ਚੰਨੀ ਨੇ ਕਿਹਾ ਕਿ ਮੁੱਖ ਮੰਤਰੀ ਹੋਣ ਦੇ ਨਾਤੇ ਉਨਾਂ ਦਾ ਸਭ ਤੋਂ ਵੱਧ ਧਿਆਨ ਕਾਂਗਰਸੀ ਵਰਕਰਾਂ ਦੇ ਮਾਣ-ਸਤਿਕਾਰ ਨੂੰ ਬਹਾਲ ਕਰਵਾਉਣ ਵੱਲ ਹੋਵੇਗਾ। ਉਨਾਂ ਕਿਹਾ ਕਿ ਹਰੇਕ ਕਾਂਗਰਸ ਵਰਕਰ ਹੀ ਹੁਣ ਪੰਜਾਬ ਦਾ ਮੁੱਖ ਮੰਤਰੀ ਹੇੈ ਕਿਉਂਕਿ ਉਨਾਂ ਨੇ ਸੂਬੇ ਵਿੱਚ ਸਾਰੀਆਂ ਤਾਕਤਾਂ ਦਾ ਵਿਕੇਂਦਰੀਕਰਨ ਕਰ ਦਿੱਤਾ ਹੈ।

ਇਕੱਠ ਨੂੰ ਸੰਬੋਧਨ ਕਰਦਿਆਂ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਦੀਨਾਨਗਰ ਹਲਕੇ ਨਾਲ ਆਪਣੀ ਪੁਰਾਣੀ ਪਰਿਵਾਰਕ ਸਾਂਝਾ ਨੂੰ ਚੇਤੇ ਕੀਤਾ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ‘ਮੇਰਾ ਘਰ ਮੇਰੇ ਨਾਮ’ ਸਕੀਮ ਦੇ ਰੂਪ ਵਿੱਚ ਸੂਬੇ ਨੂੰ ਵੱਡੀ ਸੌਗ਼ਾਤ ਦਿੱਤੀ ਗਈ ਹੈ। ਰੰਧਾਵਾ ਨੇ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਅਤੇ ਬਸਪਾ ਦਾ ਗਠਜੋੜ ਨਾਪਾਕ ਸਾਂਝ ਹੈ ਜੋ ਫਿਰਕੂ ਨਫ਼ਰਤ ਦੀ ਵਿਚਾਰਧਾਰਾ ’ਤੇ ਅਧਾਰਿਤ ਹੈ। ਉਪ ਮੁੱਖ ਮੰਤਰੀ ਨੇ ਕਿਹਾ ਕਿ ਸਰਹੱਦੀ ਇਲਾਕੇ ਦੇ ਲੋਕ ਮੁਲਕ ਦੇ ਬਹਾਦਰ ਦੇਸ਼ ਭਗਤ ਹਨ, ਪਰ ਬੀ.ਐਸ.ਐਫ. ਦਾ ਅਧਿਕਾਰ ਖੇਤਰ ਵਧਾ ਕੇ ਕੇਂਦਰ ਸਰਕਾਰ ਇਨਾਂ ਲੋਕਾਂ ਦੀ ਦੇਸ਼ ਭਗਤੀ ਅਤੇ ਦਿਆਨਤਦਾਰੀ ਉਤੇ ਗੰਭੀਰ ਸਵਾਲੀਆ ਨਿਸ਼ਾਨ ਲਗਾ ਰਹੀ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਰੰਧਾਵਾ ਨੇ ਕਿਹਾ ਕਿ ਸਰਹੱਦ ਪਾਰ ਤੋਂ ਅਤਿਵਾਦ ਜਾਂ ਨਸ਼ੇ ਦੇ ਕਾਰੋਬਾਰ ਰਾਹੀਂ ਸੂਬੇ ਨੂੰ ਅਸਥਿਰ ਕਰਨ ਦੇ ਉਦੇਸ਼ ਨਾਲ ਘੜੇ ਜਾਣ ਵਾਲੇ ਕਿਸੇ ਵੀ ਮਨਸੂਬੇ ਨੂੰ ਮੂੰਹ ਤੋੜਵਾਂ ਜਵਾਬ ਦੇਣ ਲਈ ਪੰਜਾਬ ਪੁਲਿਸ ਹੁਣ ਪੂਰੀ ਤਰਾਂ ਸਮੱਰਥਵਾਨ ਹੈ। ਉਨਾਂ ਨੇ ਡਾ. ਮਨਮੋਹਨ ਸਿੰਘ ਸਰਕਾਰ ਵਲੋਂ ਸਰਹੱਦੀ ਖੇਤਰਾਂ ਦੇ ਵਿਕਾਸ ਲਈ ਸ਼ੁਰੂ ਕੀਤੇ ‘ਸਰਹੱਦੀ ਖੇਤਰ ਵਿਕਾਸ ਫੰਡ ਪ੍ਰੋਗਰਾਮ’ ਤਹਿਤ ਦਿੱਤੇ ਜਾਂਦੇ ਫੰਡਾਂ ਵਿੱਚ ਮੋਦੀ ਸਰਕਾਰ ਵੱਲੋਂ ਕੇਂਦਰ ਦੇ ਹਿੱਸੇ ਵਿੱਚ ਕਟੌਤੀ ਕਰਨ ਦੇਣ ਦੀ ਸਖ਼ਤ ਆਲੋਚਨਾ ਕੀਤੀ ਕਿਉਂ ਜੋ ਇਸ ਨਾਲ ਸਰਹੱਦੀ ਇਲਾਕਿਆਂ ਦੇ ਵਿਕਾਸ ਨੁੰ ਢਾਹ ਲੱਗ ਰਹੀ ਹੈ। ਮਾਲ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਨੇ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਦਾ ਸਵਾਗਤ ਕੀਤਾ।

ਉਨਾਂ ਕਿਹਾ ਕਿ ਇਹ ਲੋਕ ਪੱਖੀ ਸਕੀਮ ਮੁੱਖ ਮੰਤਰੀ ਦੀ ਦੂਰ ਅੰਦੇਸ਼ ਪਹੁੰਚ ਦੇ ਨਤੀਜੇ ਸਦਕਾ ਲਾਗੂ ਕੀਤੀ ਜਾ ਰਹੀ ਹੈ, ਜੋ ਹਮੇਸ਼ਾਂ ਹੀ ਲੋਕਾਂ ਦੇ ਭਲੇ ਲਈ ਤੱਤਪਰ ਰਹਿੰਦੇ ਹਨ। ਉਨਾਂ ਕਿਹਾ ਕਿ ਇਹ ਸਕੀਮ ਪਿੰਡਾਂ ਅਤੇ ਸ਼ਹਿਰਾਂ ਨੂੰ ਹੋਰ ਮਜ਼ਬੂਤ ਕਰਨ ਲਈ ਕ੍ਰਾਂਤੀਕਾਰੀ ਕਦਮ ਸਾਬਿਤ ਹੋਵੇਗੀ। ਇਸ ਮੌਕੇ ਮੁੱਖ ਮੰਤਰੀ ਨੇ ਪਿੰਡ ਮੀਰਪੁਰ ਅਤੇ ਮਹਾਂਦੇਵ ਕਲਾਂ ਦੇ 50 ਲਾਭਪਾਤਰੀਆਂ ਨੂੰ ਜਾਇਦਾਦ ਦੇ ਮਾਲਕੀ ਹੱਕ ਦੀਆਂ ਸੰਨਦਾਂ ਸੌਂਪੀਆਂ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ 2.59 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਤਹਿਸੀਲ ਕੰਪਲੈਕਸ ਅਤੇ ਮਹਾਰਾਜਾ ਰਣਜੀਤ ਸਿੰਘ ਦੇ ਨਾਮ ’ਤੇ 4.50 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਪਾਰਕ ਦੇ ਨੀਂਹ ਪੱਥਰ ਵੀ ਰੱਖੇ। ਇਸ ਮੌਕੇ ਬੱਸ ਸਟੈਂਡ ਲਈ ਵੀ 2.90 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ। ਇਸ ਮੌਕੇ ਵਿਧਾਇਕ ਫ਼ਤਿਹਜੰਗ ਸਿੰਘ ਬਾਜਵਾ, ਬਲਵਿੰਦਰ ਸਿੰਘ ਲਾਡੀ ਅਤੇ ਸੰਤੋਖ ਸਿੰਘ ਭਲਾਈਪੁਰ ਤੋਂ ਇਲਾਵਾ ਕਾਂਗਰਸੀ ਨੇਤਾ ਅਸ਼ੋਕ ਚੌਧਰੀ ਤੇ ਹੋਰ ਵੀ ਹਾਜ਼ਰ ਸਨ।

PunjabMetro.com is an Indian News Website, we publish News Content across india in multiple languages (English, Hindi or Punjabi). our official Web Address | www.punjabmetro.com official Facebook Page | https://www.facebook.com/PunjabMetro Twitter Handle | https://www.twitter.com/Punjab_Metro Instagram | https://www.instagram.com/PunjabMetro

Continue Reading
Advertisement
Click to comment

Leave a Reply

Your email address will not be published. Required fields are marked *